ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਘਰਾਂ ਦਾ ਕੀਤਾ ਨਿਰੀਖਣ 

Advertisement

 ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਘਰਾਂ ਦਾ ਕੀਤਾ ਨਿਰੀਖਣ 

ਦੇਖੋ,ਕਿੰਨੇ ਘਰਾਂ ਵਿੱਚੋਂ ਮਿਲਿਆ ਡੇਂਗੂ ਦਾ ਲਾਰਵਾ ਤੇ ਜਾਣੋ ਡੇਂਗੂ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਹੈ

 

ਘਰਾਂ ਵਿਚ ਸਰਵੇ ਅਤੇ ਸਪਰੇਅ ਕਰਦੀਆਂ ਹੋਈਆਂ ਸਿਹਤ ਵਿਭਾਗ ਦੀਆਂ ਟੀਮਾਂ

  ਮੋਹਾਲੀ,  14 ਸਤੰਬਰ (ਵਿਸ਼ਵ ਵਾਰਤਾ) :  ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੀ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਮਾਰਚ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹ੍ਹਾ ਐਪੀਡੀਮੋਲੋਜਿਸਟ ਡਾ. ਵਿਕਰਾਂਤ ਨਾਗਰਾ ਨੇ ਦਸਿਆ ਕਿ ਕੁਲ 13 ਟੀਮਾਂ ਨੇ ਇਸੇ ਸਾਲ ਮਾਰਚ ਮਹੀਨੇ ਤੋਂ ਹੁਣ ਤਕ ਜ਼ਿਲ੍ਹ੍ਹੇ ਦੇ 1,16,524 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਹੈ। 4066 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 143 ਚਲਾਨ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਬਹੁਤੇ ਘਰਾਂ ਵਿਚੋਂ ਪਹਿਲੀ ਵਾਰ ਲਾਰਵਾ ਮਿਲਿਆ ਹੈ ਜਿਸ ਕਾਰਨ ਉਨ੍ਹ੍ਹਾਂ ਘਰਾਂ ਦੇ ਮਾਲਕਾਂ ਨੂੰ ਚੇਤਾਵਨੀ ਦਿਤੀ ਗਈ ਹੈ ਅਤੇ ਮੁੜ ਲਾਰਵਾ ਮਿਲਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਦੌਰਾਨ ਡੇਂਗੂ ਬੁਖ਼ਾਰ ਦੇ 62 ਮਾਮਲੇ ਮਿਲੇ ਹਨ। ਡਾ. ਆਦਰਸ਼ਪਾਲ ਕੌਰ ਮੁਤਾਬਕ ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਵਿਚ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 4,43,388 ਕੰਟੇਨਰ ਚੈੱਕ ਕੀਤੇ ਗਏ।
                  ਸਿਹਤ ਅਧਿਕਾਰੀਆਂ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕ ਸਮਝਦੇ ਹਨ ਕਿ ਇਨ੍ਹ੍ਹੀਂ ਦਿਨੀਂ ਮੌਸਮ ਥੋੜਾ ਠੰਢਾ ਹੋ ਜਾਣ ਕਾਰਨ ਡੇਂਗੂ ਵਾਲਾ ਮੱਛਰ ਨਹੀਂ ਫੈਲਦਾ ਜਦਕਿ ਇਨ੍ਹ੍ਹੀਂ ਦਿਨੀਂ ਵੀ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹ੍ਹਾਂ ਲੋਕਾਂ ਨੂੰ 30 ਨਵੰਬਰ ਤਕ ਡੇਂਗੂ ਪ੍ਰਤੀ ਪੂਰੀ ਤਰ੍ਹ੍ਹਾਂ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜਦ ਨਗਰ ਕੌਂਸਲ ਦੀ ਟੀਮ ਗਲੀ-ਮੁਹੱਲੇ ਵਿਚ ਫ਼ੌਗਿੰਗ ਕਰਨ ਲਈ ਆਉਂਦੀ ਹੈ ਤਾਂ ਘਰਾਂ ਦੇ ਦਰਵਾਜ਼ੇ ਤੇ ਤਾਕੀਆਂ ਖੁਲ੍ਹੇ ਰੱਖੇ ਜਾਣ ਤਾਕਿ ਮੱਛਰ ਦਾ ਖ਼ਾਤਮਾ ਹੋ ਸਕੇ। ਜਾਂਚ ਟੀਮ ਵਿਚ ਹੈਲਥ ਸੁਪਰਵਾਇਜ਼ਰ, ਹੈਲਥ ਵਰਕਰ ਅਤੇ ਬਰੀਡਿੰਗ ਚੈੱਕਰ ਸ਼ਾਮਲ ਹੁੰਦੇ ਹਨ।
          ਡਾ. ਆਦਰਸ਼ਪਾਲ ਕੌਰ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਤਕ ਜ਼ਿਆਦਾ ਹੁੰਦਾ ਹੈ, ਇਸ ਲਈ ਅਕਤੂਬਰ ਤੇ ਨਵੰਬਰ ਮਹੀਨਿਆਂ ਦੌਰਾਨ ਵੀ ਅਵੇਸਲੇ ਨਾ ਰਿਹਾ ਜਾਵੇ। ਅਜਿਹੇ ਕਪੜੇ ਪਾਏ ਜਾਣ ਜਿਨ੍ਹ੍ਹਾਂ ਨਾਲ ਪੂਰਾ ਸਰੀਰ ਢਕਿਆ ਰਹੇ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ।
ਡੇਂਗੂ ਬੁਖ਼ਾਰ ਦੇ ਲੱਛਣ
 ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।